ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਤੇ ਪਾਬੰਦੀ
Mansa News : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲਾਂ ਦੀ ਵਰਤੋ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਖਾਸ ਕਰਕੇ ਮਾਨਸਾ ਸ਼ਹਿਰ ਅੰਦਰ ਆਮ ਲੋਕਾਂ ਅਤੇ ਨੌਜਵਾਨਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਸ਼ਰੇਆਮ ਕੀਤੀ ਜਾ ਰਹੀ ਹੈ। ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਜ਼ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ।

ਇਸ ਤੋਂ ਇਲਾਵਾ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਵਹੀਕਲਾਂ ਦੇ ਸਾਈਲੰਸਰ ਕਢਵਾ ਕੇ ਵਹੀਕਲਾਂ ਦੀ ਆਵਾਜ਼ ਵਿਗਾੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨਾ ਅਤੇ ਅਜਿਹੀਆਂ ਆਵਾਜ਼ਾਂ ਵਾਲੇ ਹਾਰਨਾਂ ਦਾ ਇਸਤੇਮਾਲ ਕਰਨ ਨਾਲ ਹਰ ਸਮੇਂ ਐਕਸੀਡੰਟ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਹ ਹੁਕਮ 30 ਸਤੰਬਰ, 2020 ਤੱਕ ਲਾਗੂ ਰਹੇਗਾ।